ਕਿਸਾਨਾਂ ‘ਤੇ ਸਖਤੀ ਮਗਰੋਂ ਰਾਜੇਵਾਲ ਤੇ ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ, ਕਿਸਾਨਾਂ ਨੇ ਫੜਿਆ ਹਰਿਆਣਾ ਪੁਲਿਸ ਦਾ ਮੁਲਾਜ਼ਮ

ਕਿਸਾਨਾਂ ‘ਤੇ ਸਖਤੀ ਮਗਰੋਂ ਰਾਜੇਵਾਲ ਤੇ ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ, ਕਿਸਾਨਾਂ ਨੇ ਫੜਿਆ ਹਰਿਆਣਾ ਪੁਲਿਸ ਦਾ ਮੁਲਾਜ਼ਮ

ਦਿੱਲੀ ਜਾਣ ਲਈ ਪੰਜਾਬ ਦੇ ਹਜ਼ਾਰਾਂ ਕਿਸਾਨ ਹਰਿਆਣਾ ਦੀਆਂ ਹੱਦਾਂ ਉਪਰ ਡਟੇ ਹੋਏ ਹਨ। ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਪੂਰੀ ਸਖਤੀ ਵਰਤ ਰਹੀ ਹੈ। ਅਜਿਹੇ ਵਿੱਚ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਦੀ ਹਮਾਇਤ ਵਿੱਚ ਆ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਦੀ ਸਖਤੀ ਦੀ ਨਿਖੇਧੀ ਕੀਤੀ ਹੈ।

ਹਰਿਆਣਾ ਸਰਕਾਰ ਵੱਲੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿਚ ਰੇਲਾਂ ਰੋਕਣ ਦਾ ਫੈਸਲਾ ਕੀਤਾ ਗਿਆ ਹੈ।

ਰੇਲਾਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ। ਜਥੇਬੰਦੀ ਵੱਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਖੇਤੀ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਕੁਝ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਲਈ ਅੱਥਰੂ ਗੈਸ ਤੇ ਪੁਲਿਸ ਦੀਆਂ ਲਾਠੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੁਝ ਕਿਸਾਨ ਜਥੇਬੰਦੀਆਂ ਇਸ ਸੰਘਰਸ਼ ਤੋਂ ਦੂਰੀ ਬਣਾ ਕੇ ਬੈਠੀਆਂ ਹਨ। ਹੁਣ ਉਹ ਵੀ ਕਿਸਾਨਾਂ ਦੇ ਇਸ ਸੰਘਰਸ਼ ਨੂੰ ਜਾਇਜ਼ ਮੰਨ ਰਹੀਆਂ ਹਨ।

ਸੰਘਰਸ਼ ਵਿੱਚ ਸ਼ਾਮਲ ਨਾ ਹੋਣ ਵਾਲੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦੇ ਜਾਇਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਜਿਸ ਤਰ੍ਹਾਂ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉਹ ਗਲਤ ਹੈ।

ਪੰਜਾਬ ਦੇ ਸੀਨੀਅਰ ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਲਈ  ਵੀ ਸੰਘਰਸ਼ ਦੇ ਰਾਹ ‘ਤੇ ਹੈ। ਕੋਈ ਵੀ ਕਿਸਾਨ ਜਥੇਬੰਦੀ ਆਪਣੀ ਨੀਤੀ ਅਨੁਸਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਸਕਦੀ ਹੈ, ਇਹ ਉਨ੍ਹਾਂ ਦਾ ਹੱਕ ਹੈ।