ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਲਈ ਜਲੰਧਰ ਦੀ ਅਦਾਲਤ ਵਿੱਚ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਦੇ ਨਾਲ ਹੀ ਸਿਵਲ ਹਸਪਤਾਲ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅੱਜ ਇੱਕ ਹੋਰ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਤੋਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਦੂਜੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਪੁਲੀਸ ਨੇ ਟਰਾਂਜ਼ਿਟ ਰਿਮਾਂਡ ’ਤੇ ਜਲੰਧਰ ਲਿਆਂਦਾ ਹੈ।
ਜਲੰਧਰ ਵਿੱਚ ਭਗਵਾਨਪੁਰੀਆ ਖ਼ਿਲਾਫ਼ ਹਥਿਆਰਾਂ ਦੀ ਸਪਲਾਈ ਦਾ ਇੱਕ ਪੁਰਾਣਾ ਮਾਮਲਾ ਵਿਚਾਰ ਅਧੀਨ ਹੈ। ਦੱਸ ਦੇਈਏ ਕਿ ਜੱਗੂ ਭਗਵਾਨਪੁਰੀਆ ਨੂੰ 2014 ਵਿੱਚ ਜਲੰਧਰ ਦੇ ਭੋਗਪੁਰ ਦੀ ਪੁਲਿਸ ਨੇ ਫੜਿਆ ਸੀ ਅਤੇ ਕਈ ਅਪਰਾਧਿਕ ਮਾਮਲੇ ਦਰਜ ਹੋਣ ਕਾਰਨ ਕਈ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਸੀ, ਜਿਸ ਕਾਰਨ ਜਲੰਧਰ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।