ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਦੇਸ਼ ‘ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਇਸੇ ਲੜੀ ਵਿੱਚ ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਪੁਣੇ ਤੋਂ ਇੱਕ 28 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਇਸ ਵਿਅਕਤੀ ਦੀ ਪਛਾਣ ਪ੍ਰਵੀਨ ਲੋਣਕਰ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪ੍ਰਵੀਨ ਲੋਣਕਰ ਨੂੰ ਸਹਿ-ਸਾਜ਼ਿਸ਼ਕਰਤਾ ਦੱਸਿਆ ਹੈ। ਪੁਲਿਸ ਇਸ ਮਾਮਲੇ ਵਿੱਚ ਉਸ ਦੇ ਭਰਾ ਸ਼ੁਭਮ ਲੋਣਕਰ ਦੀ ਭਾਲ ਕਰ ਰਹੀ ਹੈ। ਇਹ ਸਾਰੇ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਹਨ। ਇਸ ਮਾਮਲੇ ‘ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਇਸ ਤੋਂ ਬਾਅਦ ਇੱਕ ਵਾਰ ਫਿਰ ਲਾਰੇਂਸ ਬਿਸ਼ਨੋਈ ਦਾ ਨਾਂ ਪੂਰੇ ਦੇਸ਼ ਵਿੱਚ ਚਰਚਾ ਵਿੱਚ ਹੈ।
ਲਾਰੈਂਸ ਬਿਸ਼ਨੋਈ ਪੰਜਾਬ ਦੇ ਫ਼ਿਰੋਜ਼ਪੁਰ ਦਾ ਵਸਨੀਕ ਹੈ। ਉਸ ਦਾ ਜਨਮ 12 ਫਰਵਰੀ 1993 ਨੂੰ ਹੋਇਆ ਸੀ। ਉਸ ਨੇ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਦੀ ਪੜ੍ਹਾਈ ਪੂਰੀ ਕੀਤੀ ਹੈ। ਪੜ੍ਹਾਈ ਦੌਰਾਨ ਉਹ ਇੱਕ ਵਿਦਿਆਰਥੀ ਸੰਗਠਨ ਨਾਲ ਜੁੜਿਆ ਹੋਇਆ ਸੀ, ਜਿੱਥੇ ਉਸ ਦੀ ਮੁਲਾਕਾਤ ਵਿਦਿਆਰਥੀ ਸੰਗਠਨ ਦੇ ਪ੍ਰਧਾਨ ਗੋਲਡੀ ਬਰਾੜ ਨਾਲ ਹੋਈ। ਇਸ ਤੋਂ ਬਾਅਦ ਬਿਸ਼ਨੋਈ ਦੇ ਕਦਮ ਅਪਰਾਧ ਦੀ ਦੁਨੀਆ ਵੱਲ ਵਧੇ।
ਪਿਛਲੇ ਦੋ ਦਹਾਕਿਆਂ ਵਿੱਚ ਉਸ ਨੇ ਅਪਰਾਧ ਦਾ ਸਾਮਰਾਜ ਬਣਾਇਆ ਹੋਇਆ ਹੈ। ਰਾਸ਼ਟਰੀ ਜਾਂਚ ਏਜੰਸੀ ਅਤੇ ਦਿੱਲੀ ਪੁਲਿਸ ਨੇ ਉਸ ਦੇ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਪੰਜਾਬੀ ਗਾਇਕ ਮੂਸੇਵਾਲਾ
ਦਾ ਕਤਲ ਕਰਨ ਦਾ ਦਾਅਵਾ ਕੀਤਾ ਸੀ। ਉਸ ਖ਼ਿਲਾਫ਼ ਦੋ ਦਰਜਨ ਅਪਰਾਧਿਕ ਮਾਮਲੇ ਦਰਜ ਹਨ। ਬਿਸ਼ਨੋਈ ਗੈਂਗ ਨੇ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ।