ਮੁੱਖ ਮੰਤਰੀ ਭਗਵੰਤ ਮਾਨ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ।
ਮੁੱਖ ਮੰਤਰੀ ਨੇ ਇੱਥੇ ਪਾਰਟੀ ਦੇ ਵਿਧਾਇਕਾਂ ਨਾਲ ਹੋਈ ਇਕ ਮੀਟਿੰਗ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਲਕੇ 2 ਮਈ ਨੂੰ ਇਸ ਮਾਮਲੇ ’ਤੇ ਆਲ ਪਾਰਟੀ ਮੀਟਿੰਗ ਹੋਵੇਗੀ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਤਬਦੀਲ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਾਹ ਵਿਚ ਕੋਈ ਰੁਕਾਵਟ ਨਾ ਆਵੇ। ਚੇਤੇ ਰਹੇ ਕਿ ਡਾਇਰੈਕਟਰ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਅੜ ਗਿਆ ਸੀ।
ਪੰਜਾਬ ਦੇ ਉਬਾਲ ਮਗਰੋਂ ਬੀਬੀਐਮਬੀ ਦਾ ਸਕੱਤਰ ਤਬਦੀਲ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਤੇ ਪੰਜਾਬ ਵਿੱਚ ਉੱਠੇ ਸਿਆਸੀ ਉਬਾਲ ਨੂੰ ਦੇਖਦਿਆਂ ਅੱਜ ਬੀਬੀਐੱਮਬੀ ਦੇ ਸਕੱਤਰ ਸੁਰਿੰਦਰ ਸਿੰਘ ਮਿੱਤਲ ਦਾ ਵੀ ਤਬਾਦਲਾ ਕਰ ਦਿੱਤਾ ਹੈ। ਸੁਰਿੰਦਰ ਸਿੰਘ ਮਿੱਤਲ ਹਰਿਆਣਾ ਦਾ ਰਹਿਣ ਵਾਲਾ ਹੈ ਜਿਸ ਦੀ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਮਾਮਲੇ ’ਚ ਅਹਿਮ ਭੂਮਿਕਾ ਰਹੀ ਹੈ।