ਪੰਜਾਬ ਵਿੱਚ ਚੋਣ ਜ਼ਾਬਤਾਂ ਲਾਗੂ ਹੈ। ਪਰ ਇਸ ਦਰਮਿਆਨ ਪੁਲਿਸ ਵੱਲੋਂ ਵਾਧੂ ਸਖ਼ਤੀ ਕੀਤੇ ਜਾਣ ਦੇ ਬਾਵਜੂਦ ਕਾਨੂੰਨ ਵਿਵਸਥਾ ਵਿਗੜਦੀ ਦਿਖਾਈ ਦੇ ਰਹੀ ਹੈ। ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਚੋਣਾਂ ਦਾ ਪੂਰਾ ਜ਼ੋਰ ਹੈ ਅਤੇ ਦੂਜੇ ਪਾਸੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਜਿਸ ਨੇ ਪੁਲਿਸ ਸੁਰੱਖਿਆ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਫ਼ਿਰੋਜ਼ਪੁਰ ਦੇ ਬੰਸੀ ਗੇਟ ਨੇੜੇ ਦੋ ਧਿਰਾਂ ਵੱਲੋਂ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਖ਼ਮੀ ਹੋਏ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਸਿਰ ‘ਤੇ ਗੋਲੀ ਲੱਗੀ ਸੀ, ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਅਜਨਾਲ ਵਿੱਚ ਵੀ ਗੋਲੀਆਂ ਚੱਲੀਆਂ ਸੀ। ਜਿੱਥੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਰੈਲੀ ਚੱਲ ਰਹੀ ਸੀ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਬਾਹਰ ਕੁਝ ਵਿਅਕਤੀਆਂ ਵੱਲੋਂ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ।
ਜਿਸ ਤੋਂ ਬਾਅਦ ਜਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਹ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ਦੇ ਵਿੱਚ ਆਪਣੇ ਸਾਥੀਆਂ ਦੇ ਨਾਲ ਪਹੁੰਚੇ ਸਨ ਅਤੇ ਜਦੋਂ ਪਿਆਸ ਲੱਗੀ ਤੇ ਉਹ ਰੈਲੀ ਤੋਂ ਬਾਹਰ ਪਾਣੀ ਪੀਣ ਆਇਆ ਤਾਂ ਤਾਂ ਕੁਝ ਨੌਜਵਾਨਾਂ ਨੇ ਉਸ ਦੇ ਉੱਪਰ ਹਮਲਾ ਕਰ ਦਿੱਤਾ ਅਤੇ ਉਸਨੂੰ ਜਖਮੀ ਕਰ ਦਿੱਤਾ