ਬਠਿੰਡਾ ਮਿਲਟਰੀ ਸਟੇਸ਼ਨ ‘ਚ ਗੋਲੀਬਾਰੀ ਹੋਣ ਦੀ ਖਬਰ ਜੋ ਸਵੇਰੇ ਵੇਲੇ ਸਾਹਮਣੇ ਆਈ ਸੀ, ਜਿਸ ਵਿਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸੀ। ਹੁਣ ਇਸ ਮਾਮਲੇ ਵਿਚ ਆਰਮੀ ਦੇ ਵਲੋਂ ਵੱਡਾ ਖੁਲਾਸਾ ਕਰਦਿਆਂ ਹੋਇਆ ਦੱਸਿਆ ਹੈ ਕਿ, ਮਰਨ ਵਾਲੇ ਚਾਰ ਫ਼ੌਜੀ ਜਵਾਨ ਹੀ ਸਨ।
ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਗੋਲੀਬਾਰੀ ਦੀ ਪੁਸ਼ਟੀ ਕਰਦੇ ਹੋਏ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਘਟਨਾ ‘ਚ 4 ਜਵਾਨਾਂ ਦੀ ਮੌਤ ਹੋ ਗਈ ਹੈ।
ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਤੜਕੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਿਚ ਚਾਰ ਲੋਕ ਜ਼ਖਮੀ ਹੋ ਗਏ। ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਸੀ। ਫੌਜ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸਰਚ ਆਪਰੇਸ਼ਨ ਜਾਰੀ ਹੈ।
ਕੋਈ ਅੱਤਵਾਦੀ ਘਟਨਾ ਨਹੀਂ – ਫੌਜ
ਫੌਜ ਨੇ ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੂੰ ਦੱਸਿਆ ਹੈ ਕਿ ਇਹ ਕੋਈ ਅੱਤਵਾਦੀ ਘਟਨਾ ਨਹੀਂ ਹੈ। ਗੋਲੀਬਾਰੀ 80 ਮੀਡੀਅਮ ਰੈਜੀਮੈਂਟ ਦੇ ਤੋਪਖਾਨੇ ਦੇ ਅਫਸਰਾਂ ਦੀ ਮੇਸ ਵਿੱਚ ਹੋਈ। ਕੁਝ ਦਿਨ ਪਹਿਲਾਂ ਯੂਨਿਟ ਦੇ ਗਾਰਡ ਰੂਮ ਤੋਂ ਇੱਕ ਅਸਾਲਟ ਰਾਈਫਲ ਗਾਇਬ ਹੋ ਗਈ ਸੀ। ਰਾਈਫਲ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਭਾਲ ਜਾਰੀ ਹੈ।
ਬਠਿੰਡਾ ਦੇ ਐਸਐਸਪੀ ਗੁਲਨੀਤ ਖੁਰਾਣਾ ਨੇ ਕਿਹਾ ਕਿ ਫੌਜ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕਿਸੇ ਵੀ ਦਹਿਸ਼ਤੀ ਖਤਰੇ ਦਾ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮਿਲਟਰੀ ਸਟੇਸ਼ਨ ਦੇ ਅਧਿਕਾਰੀਆਂ ਨੇ ਅਜੇ ਤੱਕ ਪੀੜਤਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ।
ਭਾਰਤੀ ਫੌਜ ਨੇ ਬਿਆਨ ‘ਚ ਕੀ ਕਿਹਾ, ਹੇਠਾਂ ਪੜ੍ਹੋ
ਭਾਰਤੀ ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ “ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਤੋਪਖਾਨੇ ਦੇ ਚਾਰ ਜਵਾਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਿਸੇ ਹੋਰ ਜਵਾਨ ਦੇ ਜ਼ਖਮੀ ਹੋਣ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।” ਪੰਜਾਬ ਪੁਲਿਸ ਨਾਲ ਸਾਂਝੀ ਜਾਂਚ ਕੀਤੀ ਜਾ ਰਹੀ ਹੈ। ਦੋ ਦਿਨ ਪਹਿਲਾਂ ਲਾਪਤਾ ਹੋਈ 28 ਰੌਂਦ ਵਾਲੀ ਇਨਸਾਸ ਰਾਈਫਲ ਦੀ ਸੰਭਾਵਿਤ ਸ਼ਮੂਲੀਅਤ ਸਮੇਤ ਸਾਰੇ ਪਹਿਲੂਆਂ ਦਾ ਪਤਾ ਲਗਾਇਆ ਜਾ ਰਿਹਾ ਹੈ।