ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਭਗਵੰਤ ਮਾਨ ਸਰਕਾਰ ਲਈ ਨਸ਼ਾ ਤਸਕਰੀ ਤੇ ਭ੍ਰਿਸ਼ਟਾਚਾਰ ਦੋ ਅਹਿਮ ਮੁੱਦੇ ਹਨ। ਬੇਸ਼ੱਕ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਚਲਾਈ ਹੈ ਪਰ ਅੱਜ ਵੀ ਲੋਕ ਇਨ੍ਹਾਂ ਦੋ ਸਮੱਸਿਆਵਾਂ ਤੋਂ ਪੀੜਤ ਹਨ। ਇਸ ਕਰਕੇ ਭਗਵੰਤ ਮਾਨ ਸਰਕਾਰ ਦੀ ਸ਼ਾਖ ਨੂੰ ਢਾਅ ਲੱਗੀ ਹੈ।
ਪਿਛਲੇ ਕਈ ਦਿਨਾਂ ਦੇ ਮੰਥਨ ਮਗਰੋਂ ਹੁਣ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਨਿਗਰਾਨੀ ਲਈ ਪੰਜ ਮੈਂਬਰੀ ਉੱਚ ਸ਼ਕਤੀ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ੇ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਕਮਾਨ ਵਿੱਤ ਮੰਤਰੀ ਹਰਪਾਲ ਚੀਮਾ ਸੰਭਾਲਣਗੇ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ।