ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੋਣਗੇ। ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਮੈਨ ਬਣਾਇਆ ਗਿਆ ਹੈ। ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ।

ਰਿਪੋਰਟਾਂ ਮੁਤਾਬਕ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਬਣਾਈ ਗਈ ਭਰਤੀ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ। ਸਾਰੇ ਅਕਾਲੀ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ‘ਤੇ ਸਹਿਮਤੀ ਪ੍ਰਗਟਾਈ ਸੀ।

ਦੱਸ ਦਈਏ ਕਿ ਇਹ ਉਹੀ ਭਰਤੀ ਕਮੇਟੀ ਹੈ ਜਿਸ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਲਈ 7 ਮੈਂਬਰੀ ਟੀਮ ਵਜੋਂ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਮੁਖੀ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਤੋਂ ਬਾਅਦ ਇਸ ਕਮੇਟੀ ਨੂੰ ਘਟਾ ਕੇ 5 ਮੈਂਬਰੀ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਦਾਂ ਤੇ ਬੀਬੀ ਸਤਵੰਤ ਕੌਰ ਕਰ ਦਿੱਤਾ ਗਿਆ।

ਪਿਛਲੇ 6 ਮਹੀਨਿਆਂ ਵਿੱਚ ਇਸ ਟੀਮ ਨੇ 15 ਲੱਖ ਮੈਂਬਰ ਬਣਾ ਲਏ ਹਨ ਤੇ ਅੱਜ 11 ਅਗਸਤ ਨੂੰ ਉਹ ਇਤਿਹਾਸਕ ਪ੍ਰਤੀਨਿਧੀ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਮੀਟਿੰਗ ਵਿੱਚ ਨਵੇਂ ਮੁਖੀ ਦੇ ਨਾਮ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂਅ ਦਾ ਐਲਨ ਕੀਤਾ ਗਿਆ ਹੈ। ਹਾਲਾਂਕਿ ਹਾਲ ਹੀ ਵਿੱਚ ਉਨ੍ਹਾਂ ਨੇ ਮੁਖੀ ਬਣਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਸੀਨੀਅਰ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਉਨ੍ਹਾਂ ਸਹਿਮਤੀ ਦੇ ਦਿੱਤੀ ਹੈ।