ਪੰਜਾਬ ਦੇ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਯੈਲੋ ਅਲਰਟ, ਸਿਹਤ ਵਿਭਾਗ ਨੇ ਕੀਤੇ ਖਾਸ ਪ੍ਰਬੰਧ, 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਕੀਤੀਆਂ ਤਾਇਨਾਤ

ਪੰਜਾਬ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈ ਸਕਦਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕਾ ਜਾਂ ਆਮ ਮੀਂਹ ਪਵੇਗਾ।

ਪਹਾੜਾਂ ਵਿੱਚ ਪਏ ਮੀਂਹ ਨੇ ਪੰਜਾਬ ‘ਚ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਪਠਾਨਕੋਟ ਦੀਆਂ ਕਈ ਚੌਕੀਆਂ ਅਤੇ ਸਰਹੱਦੀ ਖੇਤਰ ਪਾਣੀ ਵਿੱਚ ਡੁੱਬ ਗਏ ਹਨ। ਪਠਾਨਕੋਟ ਦੇ ਕੁਝ ਪਿੰਡਾਂ ਵਿੱਚ ਪਾਣੀ 2 ਤੋਂ 3 ਫੁੱਟ ਵਧ ਗਿਆ ਹੈ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਬਿਆਸ ਆਪਣੇ ਭਿਆਨਕ ਰੂਪ ਵਿੱਚ ਹੈ। ਹੁਸ਼ਿਆਰਪੁਰ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਹੜ੍ਹਾਂ ਦੀ ਲਪੇਟ ਵਿੱਚ ਹਨ। ਦੂਜੇ ਪਾਸੇ ਸਤਲੁਜ ਕਾਰਨ ਫਾਜ਼ਿਲਕਾ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡ ਹੜ੍ਹਾਂ ਵਿੱਚ ਡੁੱਬ ਗਏ ਹਨ।

ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋੜੀਂਦਾ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ।

ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਦੇ ਸਿਵਲ ਸਰਜਨ ਅਲਰਟ ਉਤੇ ਰੱਖੇ ਗਏ ਹਨ। ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀਸੀ ਵੱਲੋਂ ਬੋਟ ਐਂਬੂਲੈਂਸ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਮਦਦ ਵੀ ਕੀਤੀ ਜਾ ਰਹੀ ਹੈ।