ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਪੰਜ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਵਾਸੀ ਬੱਧਨੀ ਕਲਾਂ, ਮੋਗਾ ਅਤੇ ਗੁਰਸੇਵਕ ਸਿੰਘ ਉਰਫ ਮੋਟਾ ਵਾਸੀ ਪਿੰਡ ਮਾਣੂਕੇ ਸੰਧੂ, ਜਗਰਾਉਂ, ਲੁਧਿਆਣਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .32 ਬੋਰ ਦੇਸੀ ਪਿਸਤੌਲ ਅਤੇ .30 ਬੋਰ ਦੇ ਇੱਕ ਦੇਸੀ ਪਿਸਤੌਲ ਸਮੇਤ 10 ਮੈਗਜ਼ੀਨ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਬਿਸ਼ਨੋਈ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।
















