ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪਾਕਿਸਤਾਨ ਆਧਾਰਿਤ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 5 ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 12 ਪਿਸਤੌਲਾਂ (.30 ਬੋਰ) ਅਤੇ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਡੀ. ਜੀ. ਪੀ. ਗੌਰਵ ਯਾਦਵ ਵਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ, ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸੰਪਰਕ ’ਚ ਸਨ। ਉਹ ਸੋਸ਼ਲ ਮੀਡੀਆ ਰਾਹੀਂ ਆਏ ਹੁਕਮਾਂ ਅਨੁਸਾਰ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਕਰਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਪਹੁੰਚਾਉਂਦੇ ਸਨ। ਭੇਜੀਆਂ ਗਈਆਂ ਖੇਪਾਂ ਨੂੰ ਪੰਜਾਬ ਅੰਦਰ ਗੈਂਗਵਾਰ ਲਈ ਵਰਤਣ ਦੀ ਯੋਜਨਾ ਬਣਾਈ ਗਈ ਸੀ।

ਇਸ ਸਬੰਧੀ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਜਾਂਚ ਜਾਰੀ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ, ਤਾਂ ਜੋ ਲੋਕਾਂ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਪੰਜਾਬ ਮਿਲ ਸਕੇ।

















