ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਕਪੂਰਥਲਾ: ਐਸਐਸਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਕਪੂਰਥਲਾ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਅੱਜ ਪਿੰਡ ਢਪਈ ਵਿਖੇ ਕਰਵਾਏ ਗਏ ਫਲੈਗ ਮਾਰਚ ਦੌਰਾਨ ਐਸਐਸਪੀ ਤੂਰਾ ਨੇ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੇ 88 ਜ਼ੋਨਾਂ ਲਈ ਚੋਣਾਂ ਹੋਣਗੀਆਂ, ਜਿਸ ਲਈ ਪੁਲਿਸ ਫੋਰਸ ਦੀ ਢੁਕਵੀਂ ਤਾਇਨਾਤੀ ਕੀਤੀ ਗਈ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਉੱਚ ਅਧਿਕਾਰੀਆਂ ਤੋਂ ਇਲਾਵਾ ਲਗਭਗ 1800 ਪੁਲਿਸ ਕਰਮੀ 661 ਪੋਲਿੰਗ ਬੂਥਾਂ ’ਤੇ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਹਰ 20 ਪਿੰਡਾਂ ਲਈ ਵਿਸ਼ੇਸ਼ ਗਸ਼ਤ ਟੀਮਾਂ ਬਣਾਈਆਂ ਗਈਆਂ ਹਨ, ਜੋ ਲਗਾਤਾਰ ਗਸ਼ਤ ਕਰਕੇ ਸਥਿਤੀ ’ਤੇ ਨਜ਼ਰ ਰੱਖਣਗੀਆਂ।

ਐਸਐਸਪੀ ਤੂਰਾ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵਾਧੂ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਭੈਅ ਦੇ ਵੱਧ ਚੜ੍ਹ ਕੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ।