ਪੁਰਤਗਾਲ ‘ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਸਰਹੱਦੀ ਹਲਕੇ ਬਾਬਾ ਨਾਨਕ ਦੇ ਪਿੰਡ ਰਾਏਚੱਕ ਦੇ 32 ਸਾਲਾ ਨੌਜਵਾਨ ਦੀ ਪੁਰਤਗਾਲ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਜੁਗਰਾਜ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਗਰਾਜ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਪੁਰਤਗਾਲ ਗਿਆ ਸੀ। ਬੀਤੀ 10 ਦਸੰਬਰ ਨੂੰ ਉਹ ਪੁਰਤਗਾਲ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਇਸ ਅਚਾਨਕ ਦੁੱਖ ਨੇ ਉਨ੍ਹਾਂ ਨੂੰ ਤੋੜ ਕੇ ਰੱਖ ਦਿੱਤਾ ਹੈ।

ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਅਪੀਲ ਕੀਤੀ ਹੈ ਕਿ ਮ੍ਰਿਤਕ ਜੁਗਰਾਜ ਸਿੰਘ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਸਮਾਜਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਇਸ ਦੇ ਨਾਲ ਹੀ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾਣ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਮਜ਼ਬੂਰੀ ਵਸ਼ ਵਿਦੇਸ਼ਾਂ ਵੱਲ ਰੁਖ ਨਾ ਕਰਨਾ ਪਵੇ।