ਪਟਿਆਲਾ ‘ਚ 17 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ ‘ਚ ਦਹਿਸ਼ਤ

ਇਸ ਵੇਲੇ ਦੀ ਵੱਡੀ ਖਬਰ ਪਟਿਆਲਾ ਤੋਂ ਆ ਰਹੀ ਹੈ ਕਿ ਸੰਜੇ ਕਾਲੋਨੀ ‘ਚ ਰਹਿੰਦੇ 17 ਸਾਲਾ ਨੌਜਵਾਨ ਵੀਰੂ ਦੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਸਬੰਧਤ ਥਾਣੇ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ।ਪਰਿਵਾਰਕ ਮੈਂਬਰਾਂ ਮੁਤਾਬਕ, ਵੀਰੂ ਬੀਤੀ ਰਾਤ ਆਪਣੇ ਦੋਸਤਾਂ ਨਾਲ ਪਾਰਟੀ ਕਰਨ ਲਈ ਘਰੋਂ ਨਿਕਲਿਆ ਸੀ। ਦੇਰ ਰਾਤ ਪੁਲਿਸ ਵੱਲੋਂ ਪਰਿਵਾਰ ਨੂੰ ਰਾਜਿੰਦਰਾ ਹਸਪਤਾਲ ‘ਚ ਇੱਕ ਲਾਸ਼ ਮਿਲਣ ਦੀ ਸੂਚਨਾ ਦਿੱਤੀ ਗਈ।
ਜਦੋਂ ਪਰਿਵਾਰ ਹਸਪਤਾਲ ਪਹੁੰਚਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਲਾਸ਼ ਉਨ੍ਹਾਂ ਦੇ ਪੁੱਤਰ ਵੀਰੂ ਦੀ ਹੈ, ਜਿਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ‘ਚ ਹੜਕੰਪ ਮਚ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਇਹ ਸਮਝ ਨਹੀਂ ਆ ਰਹੀ ਕਿ ਵੀਰੂ ਨਾਲ ਇਹ ਵਾਰਦਾਤ ਕਿਵੇਂ ਅਤੇ ਕਿਹੜੇ ਕਾਰਨਾਂ ਕਰਕੇ ਹੋਈ। ਪਰਿਵਾਰ ਨੇ ਦੋਸ਼ੀਆਂ ਦੀ ਜਲਦੀ ਗਿਰਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਗਹਿਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਪੱਖਾਂ ਨੂੰ ਧਿਆਨ ‘ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਘਟਨਾ ਦਾ ਖੁਲਾਸਾ ਕੀਤਾ ਜਾਵੇਗਾ।

ਮ੍ਰਿਤਕ ਦੇ ਭਰਾ ਗਗਨ ਸਿੰਘ ਨੇ ਕਿਹਾ ਕਿ ਉਸਦਾ ਭਰਾ ਦੋਸਤਾਂ ਨਾਲ ਗਿਆ ਸੀ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਕਿਸ ਨੇ ਅਤੇ ਕਿਉਂ ਉਸਦੀ ਹੱਤਿਆ ਕੀਤੀ। ਉਸਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।