ਗੁਰਦਾਸਪੁਰ ‘ਚ ਸੜਕ ‘ਤੇ ਮੌਤ ਦਾ ਤਾਂਡਵ

ਗੁਰਦਾਸਪੁਰ ਦੀ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ 7 ਵਿੱਚ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਸਕੂਟਰੀ ਸਵਾਰ ਇਕ ਅਧਿਆਪਿਕਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ (ਉਮਰ ਕਰੀਬ 35 ਸਾਲ) ਵਜੋਂ ਹੋਈ ਹੈ, ਜੋ ਕਿ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ 7 ਵਿੱਚ ਆਪਣੀ 14 ਸਾਲਾ ਧੀ ਨਾਲ ਰਹਿੰਦੀ ਸੀ। ਪਰਮਜੀਤ ਕੌਰ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਿਕਾ ਵਜੋਂ ਸੇਵਾ ਨਿਭਾ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਕੌਰ ਸਕੂਟਰੀ ‘ਤੇ ਸਬਜ਼ੀ ਲੈ ਕੇ ਆਪਣੇ ਘਰ ਵੱਲ ਆ ਰਹੀ ਸੀ, ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਲਜ਼ਾਮ ਲਗਾਇਆ ਗਿਆ ਹੈ ਕਿ ਥਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ। ਟੱਕਰ ਇਨੀ ਭਿਆਨਕ ਸੀ ਕਿ ਥਾਰ ਸਕੂਟਰੀ ਨੂੰ ਕਾਫ਼ੀ ਦੂਰ ਤੱਕ ਘਸੀਟਦੀ ਹੋਈ ਲੈ ਗਈ, ਜਿਸ ਕਾਰਨ ਪਰਮਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਦਰਦਨਾਕ ਹਾਦਸੇ ਤੋਂ ਬਾਅਦ ਮ੍ਰਿਤਕਾ ਦੇ ਪਰਿਵਾਰ ਅਤੇ ਇਲਾਕਾ ਵਾਸੀਆਂ ਵਿੱਚ ਗ਼ਮ ਅਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ।