ਪੰਜਾਬ ਦੇ ਸਕੂਲਾਂ ਵਿਚ ਫਿਰ ਵੱਧ ਗਈਆਂ ਛੁੱਟੀਆਂ

ਪੰਜਾਬ ਦੇ ਸਕੂਲਾਂ ਵਿਚ ਇਕ ਵਾਰ ਫਿਰ ਸਰਦੀ ਦੀ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਹੁਣ ਸੂਬੇ ਦੇ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ ਅਤੇ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ। ਇਸ ਬਾਰੇ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਲਗਾਤਾਰ ਵੱਧ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਂਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 13 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ ਵਿਚ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਵੇਰ ਅਤੇ ਸ਼ਾਮ ਦੇ ਸਮੇਂ ਪੈ ਰਹੀ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵਿਚ ਚਿੰਤਾ ਬਣੀ ਹੋਈ ਸੀ।

ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ (ਬੁੱਧਵਾਰ) ਨੂੰ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਖੁੱਲ੍ਹਣਗੇ। ਦੱਸਣਯੋਗ ਹੈ ਕਿ ਪਹਿਲਾਂ ਸਕੂਲ 8 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਮੌਸਮ ਵਿਭਾਗ ਦੀ ਚੇਤਾਵਨੀ ਅਤੇ ਵਧਦੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਵਿਚ 6 ਦਿਨਾਂ ਦਾ ਹੋਰ ਵਾਧਾ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਇਹ ਹੁਕਮ ਸੂਬੇ ਦੇ ਸਾਰੇ ਸਕੂਲਾਂ ‘ਤੇ ਇਕਸਾਰ ਲਾਗੂ ਹੋਣਗੇ। ਜੇਕਰ ਕੋਈ ਸਕੂਲ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉੱਥੇ ਹੀ ਮਾਪਿਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਖੁੱਲ੍ਹ ਕੇ ਸਵਾਗਤ ਕੀਤਾ ਜਾ ਰਿਹਾ ਹੈ।