ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰਾਂ ਤੱਕ ਹਥਿਆਰ ਪਹੁੰਚਾਉਣ ਦੀ ਸਾਜ਼ਿਸ਼ ਨਾਕਾਮ

ਗੈਰਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, ਪਾਕਿਸਤਾਨ ਨਾਲ ਜੁੜੇ ਤਾਰ; 2 ਗ੍ਰਿਫ਼ਤਾਰ, 6 ਪਿਸਟਲ ਬਰਾਮਦ

ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਕ੍ਰਾਸ-ਬੋਰਡਰ ਗੈਰਕਾਨੂੰਨੀ ਹਥਿਆਰ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਹੁਕਮਾਂ ‘ਤੇ ਗੈਰਕਾਨੂੰਨੀ ਸਰਗਰਮੀਆਂ ਨੂੰ ਅੰਜਾਮ ਦੇ ਰਹੇ ਸਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਪੰਜਾਬ ਦੇ ਗੈਂਗਸਟਰਾਂ ਤੱਕ ਹਥਿਆਰ ਪਹੁੰਚਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਛੇ ਅਧੁਨਿਕ ਪਿਸਟਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ

ਦੋ ਗਲੌਕ ਪਿਸਟਲ

ਅਤੇ ਚਾਰ .30 ਬੋਰ ਪਿਸਟਲ ਸ਼ਾਮਲ ਹਨ।

ਇਸ ਦੇ ਨਾਲ ਹੀ ਦੋ ਜਿੰਦਾ ਕਾਰਤੂਸ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਥਿਆਰ ਕਿਸੇ ਵੱਡੀ ਅਪਰਾਧਿਕ ਵਾਰਦਾਤ ਵਿੱਚ ਵਰਤੇ ਜਾ ਸਕਦੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁੱਟੀ ਹੋਈ ਹੈ ਕਿ ਇਹ ਹਥਿਆਰ ਕਿੱਥੋਂ ਆਏ, ਕਿਨ੍ਹਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਇਸ ਨੈੱਟਵਰਕ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ।

ਪੁਲਿਸ ਨੂੰ ਸ਼ੱਕ ਹੈ ਕਿ ਇਹ ਪੂਰਾ ਮੋਡੀਊਲ ਸੀਮਾ ਪਾਰ ਤੋਂ ਚਲਾਇਆ ਜਾ ਰਿਹਾ ਸੀ ਅਤੇ ਇਸ ਦੇ ਤਾਰ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਜੁੜੇ ਹੋ ਸਕਦੇ ਹਨ। ਮਾਮਲੇ ਵਿੱਚ ਕਈ ਅਹਿਮ ਇਨਪੁੱਟ ਮਿਲੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।