ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕ ਖ਼ਿਲਾਫ਼ ਚਲ ਰਹੇ ਵਿਸ਼ੇਸ਼ ‘ਆਪਰੇਸ਼ਨ ਪ੍ਰਹਾਰ’ ਤਹਿਤ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਕਾਰਵਾਈ ਦੌਰਾਨ ਜ਼ਿਲ੍ਹੇ ਦੇ 16 ਵੱਖ-ਵੱਖ ਪੁਲਿਸ ਥਾਣਿਆਂ ਦੇ ਅਧੀਨ ਆਉਂਦੇ ਕੁੱਲ 56 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਕਈ ਅਜਿਹੇ ਮੁਲਜ਼ਮ ਵੀ ਸ਼ਾਮਲ ਹਨ ਜੋ ਹਾਲ ਹੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਤੋਂ ਜਮਾਨਤ ’ਤੇ ਰਿਹਾਅ ਹੋਏ ਸਨ।
ਪੁਲਿਸ ਅਧਿਕਾਰੀਆਂ ਮੁਤਾਬਕ ਗਿਰਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ’ਤੇ ਪਹਿਲਾਂ ਤੋਂ ਹੀ ਕਤਲ, ਲੁੱਟ, ਨਸ਼ਾ ਤਸਕਰੀ, ਫ਼ਿਰੌਤੀ ਅਤੇ ਹਥਿਆਰਾਂ ਦੀ ਤਸਕਰੀ ਵਰਗੇ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਜਮਾਨਤ ’ਤੇ ਰਿਹਾਅ ਹੋਣ ਦੇ ਬਾਵਜੂਦ ਇਹ ਮੁਲਜ਼ਮ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮ ਹੋ ਰਹੇ ਸਨ, ਜਿਸ ਬਾਰੇ ਪੁਲਿਸ ਨੂੰ ਲਗਾਤਾਰ ਸੂਚਨਾਵਾਂ ਮਿਲ ਰਹੀਆਂ ਸਨ।
ਜ਼ਿਲ੍ਹੇ ਦੇ ਐੱਸਐੱਸਪੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਕਿ 72 ਘੰਟਿਆਂ ਦੇ ਅੰਦਰ-ਅੰਦਰ ਗੈਂਗਸਟਰ ਨੈੱਟਵਰਕ ਦੀ ਕਮਰ ਤੋੜੀ ਜਾਵੇ। ਇਨ੍ਹਾਂ ਹੁਕਮਾਂ ਦੇ ਤਹਿਤ ਪੁਲਿਸ ਦੀਆਂ ਸੈਂਕੜਿਆਂ ਟੀਮਾਂ ਬਣਾਕੇ ਰਾਜ ਭਰ ਵਿੱਚ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਸ਼ੱਕੀ ਥਾਵਾਂ, ਮੁਲਜ਼ਮਾਂ ਦੇ ਟਿਕਾਣਿਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਘਰਾਂ ’ਤੇ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।
ਐੱਸਐੱਸਪੀ ਨੇ ਕਿਹਾ ਕਿ ਇਹ ਸਾਰੇ ਗਿਰਫ਼ਤਾਰ ਮੁਲਜ਼ਮ ਕਿਸੇ ਨਾ ਕਿਸੇ ਤਰੀਕੇ ਨਾਲ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਮੁੜ ਆਪਣਾ ਜੁਰਮਾਂ ਦਾ ਧੰਦਾ ਸ਼ੁਰੂ ਕਰਨ ਦੀ ਫਿਰਾਕ ਵਿੱਚ ਸਨ। ਪੁਲਿਸ ਦੀ ਮੁਸਤੈਦੀ ਕਾਰਨ ਸਮੇਂ ਸਿਰ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ, ਜਿਸ ਨਾਲ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਮਿਲੀ ਹੈ।
ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ‘ਆਪਰੇਸ਼ਨ ਪ੍ਰਹਾਰ’ ਤਹਿਤ ਕੇਵਲ ਗਿਰਫ਼ਤਾਰੀਆਂ ਹੀ ਨਹੀਂ ਕੀਤੀਆਂ ਜਾ ਰਹੀਆਂ, ਸਗੋਂ ਗੈਂਗਸਟਰਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਨ ਲਈ ਉਨ੍ਹਾਂ ਦੀ ਜਾਇਦਾਦ, ਬੈਂਕ ਖਾਤਿਆਂ ਅਤੇ ਨਾਜਾਇਜ਼ ਕਮਾਈ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਵੀ ਗੈਰਕਾਨੂੰਨੀ ਜਾਇਦਾਦ ਜਾਂ ਪੈਸਿਆਂ ਦੀ ਜਾਣਕਾਰੀ ਮਿਲੀ ਹੈ, ਉਥੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਐੱਸਐੱਸਪੀ ਨੇ ਪੁਸ਼ਟੀ ਕੀਤੀ ਕਿ ਇਹ ਮੁਹਿੰਮ ਇੱਥੇ ਖ਼ਤਮ ਨਹੀਂ ਹੋਵੇਗੀ। ‘ਆਪਰੇਸ਼ਨ ਪ੍ਰਹਾਰ’ ਤਹਿਤ ਛਾਪੇਮਾਰੀ ਦਾ ਸਿਲਸਿਲਾ ਵੀਰਵਾਰ ਨੂੰ ਵੀ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੀਆਂ ਗਿਰਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਪਰਾਧੀਆਂ ਅਤੇ ਗੈਂਗਸਟਰਾਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਵੀ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਬਿਨਾਂ ਡਰ ਦੇ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਪੰਜਾਬ ਪੁਲਿਸ ਦੀ ਇਸ ਵੱਡੀ ਕਾਰਵਾਈ ਤੋਂ ਬਾਅਦ ਅਪਰਾਧਿਕ ਤੱਤਾਂ ਵਿੱਚ ਹੜਕੰਪ ਮਚਿਆ ਹੋਇਆ ਹੈ। ਲੋਕਾਂ ਵਿੱਚ ਵੀ ਇਹ ਸੰਦੇਸ਼ ਗਿਆ ਹੈ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਅਤੇ ਜੇਲ੍ਹ ਤੋਂ ਰਿਹਾਈ ਮਗਰੋਂ ਵੀ ਜੁਰਮ ਦੀ ਦੁਨੀਆ ਨਾਲ ਜੁੜੇ ਰਹਿਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

















