ਨਸ਼ਿਆਂ ਵਿਰੁੱਧ ਲੜਾਈ ਲੜਣ ਲਈ 14 ਪਿੰਡਾਂ ਨੇ ਪਾਸ ਕੀਤੇ ਮਤੇ

0
21

ਪੰਜਾਬ ਪੁਲਿਸ   ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ। ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀ ਸੰਦੀਪ ਗਰਗ (ਐਸ.ਏ.ਐਸ. ਨਗਰ) ਅਤੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿੱਚ ਸਹਾਈ ਹੋਵੇਗੀ ਜਿਸ ਨਾਲ ਉਹਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐਸਐਸਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।