ਪ੍ਰਸਿੱਧ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਮੌਂਟੀ ਸਹਿਗਲ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਲਈ ਚਲਾਏ ਜਾ ਰਹੇ ਲੀਡਰਸ਼ਿਪ ਵਿਕਾਸ ਮਿਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਂਟੀ ਸਹਿਗਲ ਨੇ ਕਿਹਾ ਕਿ ਪਾਰਟੀ ਵੱਲੋਂ ਪੂਰੇ ਦੇਸ਼ ‘ਚ ਸ਼ੁਰੂ ਕੀਤੇ ਇਸ ਮਿਸ਼ਨ ਤਹਿਤ ਕਾਂਗਰਸ ਹਰ ਲੋਕ ਸਭਾ ਹਲਕੇ ‘ਚ ਇਸ ਮਿਸ਼ਨ ਨੂੰ ਚਲਾ ਕੇ ਰਾਜਸੀ ਮੁੱਖ ਧਾਰਾ ‘ਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਵਧਾਏਗੀ ਤੇ ਅੱਗੇ ਲਿਆਵੇਗੀ। ਸਮਾਜ ਲਈ ਕੰਮ ਕਰਨ ਵਾਲੇ ਆਗੂਆਂ ‘ਚ ਮੌਜੂਦ ਲੀਡਰਸ਼ਿਪ ਗੁਣਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਲੋਕ ਸਭਾ ਹਲਕੇ ਅਧੀਨ ਆਉਂਦੇ ਹਰ ਵਿਧਾਨ ਸਭਾ ਹਲਕੇ ‘ਚ ਕੋਆਰਡੀਨੇਟਰ ਨਿਯੁਕਤ ਕੀਤੇ ਜਾਣਗੇ।ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ।