ਹੜ੍ਹਾਂ ‘ਤੇ ਰਾਜਨੀਤਿਕ ਗਤੀਵਿਧੀਆਂ ਤੇਜ਼: ਸੁਨੀਲ ਜਾਖੜ, ਬਾਜਵਾ ਤੇ ਸੁਖਬੀਰ ਬਾਦਲ ਵੱਲੋਂ ਕੇਂਦਰ ਨੂੰ ਸਹਾਇਤਾ ਦੀ ਅਪੀਲ

Oplus_131072

ਜਲੰਧਰ (ਪੰਕਜ ਸੋਨੀ) – ਪੰਜਾਬ ਵਿੱਚ ਹੜ੍ਹਾਂ ਨਾਲ ਮਚੀ ਤਬਾਹੀ ਨੇ ਨਾ ਸਿਰਫ਼ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਰਾਜਨੀਤਿਕ ਮੰਚ ‘ਤੇ ਵੀ ਤੇਜ਼ੀ ਲਿਆਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਕੇਂਦਰੀ ਸਹਾਇਤਾ ਦੀ ਮੰਗ ਕੀਤੀ ਹੈ।

ਜਾਖੜ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਕੇਂਦਰ ਹੈ, ਪਰ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਵੱਧ ਵਰਖਾ ਕਾਰਨ ਹੜ੍ਹਾਂ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਸਰਹੱਦੀ ਇਲਾਕੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਮੌਸਮ ਵਿਭਾਗ ਅਗਲੇ ਦਿਨਾਂ ਵਿੱਚ ਹੋਰ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕਰ ਰਿਹਾ ਹੈ, ਜਿਸ ਨਾਲ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

ਕੇਂਦਰੀ ਟੀਮ ਤੇ ਰਾਹਤ ਪੈਕੇਜ ਦੀ ਮੰਗ

ਸੁਨੀਲ ਜਾਖੜ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁਲਾਂਕਣ ਟੀਮਾਂ ਤੁਰੰਤ ਪੰਜਾਬ ਭੇਜੀਆਂ ਜਾਣ ਅਤੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।

Oplus_131072

ਵਿਰੋਧੀ ਧਿਰ ਵੀ ਕੇਂਦਰ ਦੇ ਦਰ ‘ਤੇ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਕਈ ਪਿੰਡਾਂ ਅਤੇ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਤਬਾਹ ਕਰ ਦਿੱਤਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਲੱਗ ਤਰ੍ਹਾਂ ਦੀ ਮੰਗ ਰੱਖੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਵੇਖਦੇ ਹੋਏ ਕਿਸਾਨਾਂ ਦੇ ਕਰਜ਼ਿਆਂ ‘ਤੇ ਇੱਕ ਸਾਲ ਦਾ ਵਿਆਜ ਮੁਆਫ਼ ਕੀਤਾ ਜਾਵੇ।

ਇਹ ਸਾਫ਼ ਹੈ ਕਿ ਹੜ੍ਹਾਂ ਨੇ ਪੰਜਾਬ ਦੀ ਜਨਤਾ ਨਾਲ ਨਾਲ ਰਾਜਨੀਤਿਕ ਪਾਰਟੀਆਂ ਨੂੰ ਵੀ ਕੇਂਦਰ ਵੱਲ ਰਾਹਤ ਦੀ ਉਮੀਦ ਨਾਲ ਦੇਖਣ ਲਈ ਮਜਬੂਰ ਕਰ ਦਿੱਤਾ ਹੈ। ਹੁਣ ਦੇਖਣਾ ਇਹ ਰਹੇਗਾ ਕਿ ਕੇਂਦਰ ਸਰਕਾਰ ਇਸ ਸੰਕਟ ਘੜੀ ‘ਚ ਪੰਜਾਬ ਲਈ ਕਿਹੜਾ ਕਦਮ ਚੁੱਕਦੀ ਹੈ।