ਬੀਤੀ ਰਾਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਰਿਸ਼ਤੇਦਾਰ ਕਰਨਵੀਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਦੋਵੇਂ ਬਟਾਲਾ ਦੇ ਕਾਦੀਆਂ ਰੋਡ ‘ਤੇ ਇਕ ਸਕਾਰਪੀਓ ਵਿਚ ਸਵਾਰ ਸਨ ਕਿ ਅਣਪਛਾਤੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਕਰਨਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਤੇ ਹਰਜੀਤ ਕੌਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਤੇ ਉੱਥੇ ਉਸ ਦੀ ਵੀ ਮੌਤ ਹੋ ਗਈ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।
ਇਸ ਕਤਲਕਾਂਡ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲੈ ਲਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਬੰਬੀਹਾ ਗੈਂਗ ਦੇ ਮੈਂਬਰਾਂ ਵੱਲੋਂ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਗਈ ਹੈ, ਜਿਸ ਮਗਰੋਂ ਪੁਲਸ ਨੇ ਗੈਂਗਵਾਰ ਦੇ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਗੋਪੀ ਘਨਸ਼ਿਆਮਪੁਰ ਗਰੁੱਪ ਦੇ ਇੰਸਟਾਗ੍ਰਾਮ ਪੇਜ ਤੋਂ ਇਕ ਪੋਸਟ ਪਾਈ ਗਈ ਹੈ, ਜਿਸ ਵਿਚ ਪ੍ਰਭੂ ਦਾਸੂਵਾਲ ਤੇ ਕੌਸ਼ਲ ਚੌਧਰੀ ਨੇ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ। ਇਹ ਦੋਵੇਂ ਗੈਂਗਸਟਰ ਹਰਿਆਣਾ ਨਾਲ ਸਬੰਧਤ ਦੱਸੇ ਜਾਂਦੇ ਹਨ। ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।